ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਆਈ ਏ ਐਸ ਨੇ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਮੀਟਿੰਗ ਕੀਤੀ


ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਆਈ.ਏ.ਐਸ ਨੇ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ, ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਮੀਟਿੰਗ ਕੀਤੀ
ਉਨ੍ਹਾਂ ਕਿਹਾ ਕਿ ਇਹ ਮੌਸਮ ਡੇਂਗੂ ਮੱਛਰ ਦੀ ਪੈਦਾਵਾਰ ਲਈ ਅਨੁਕੂਲ ਹੈ। ਇਸ ਲਈ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਮਿਲ ਕੇ ਚੌਕਸ ਰਹਿਣਾ ਪਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਡੇਂਗੂ ਦੇ ਸਿਰਫ਼ ਤਿੰਨ ਐਕਟਿਵ ਕੇਸ ਹਨ ਅਤੇ ਇਹ ਤਿੰਨੇ ਲੋਕ ਆਪਣੇ ਘਰਾਂ ਵਿੱਚ ਇਲਾਜ ਅਧੀਨ ਹਨ ਅਤੇ ਤੇਜ਼ੀ ਨਾਲ ਠੀਕ ਹੋ ਰਹੇ ਹਨ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੇ ਲਾਰਵੇ ਦਾ ਪਤਾ ਲਗਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਫੋਗਿੰਗ ਕਰਵਾਈ ਜਾਵੇ ਅਤੇ ਲਗਾਤਾਰ ਸਰਵੇਖਣ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਰਹਿਣ ਦੇਣ ਅਤੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਭਾਂਡਿਆਂ, ਪੁਰਾਣੇ ਟਾਇਰਾਂ ਜਾਂ ਕੂੜਾ ਕਰਕਟ ਆਦਿ ਵਿੱਚ ਰੱਖੇ ਪਾਣੀ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਸਾਫ਼ ਕਰਨ ਕਿਉਂਕਿ ਅਜਿਹੇ ਪਾਣੀ ਵਿੱਚ ਡੇਂਗੂ ਦਾ ਮੱਛਰ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਘਰ ਜਾਂ ਘਰ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ।
ਸਿਵਲ ਸਰਜਨ ਡਾ: ਰਜਿੰਦਰਪਾਲ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਲਾਰਵੇ ਦੀ ਨਿਗਰਾਨੀ ਲਈ ਵਿਭਾਗ ਦੇ 40 ਬਰੀਡਰ ਚੈਕਰ ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਡੇਂਗੂ ਦੇ ਲੱਛਣ ਦਿਖਾਈ ਦੇਣ ਤਾਂ ਉਹ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ, ਕਰਜ਼ਾ ਮੁਆਫ਼ੀ ਅਫ਼ਸਰ ਮੰਗਤ ਕੁਮਾਰ ਆਦਿ ਵੀ ਹਾਜ਼ਰ ਸਨ।
*ਪੰਜਾਬ ਜਲਾਲਾਬਾਦ ਫਾਜ਼ਿਲਕਾ ਤੋਂ ਬਲਜੀਤ ਸਿੰਘ ਦੀ ਰਿਪੋਰਟ*
